26 ਜਨਵਰੀ 2021 ਨੂੰ ਲੰਘਿਆਂ ਹੁਣ ਤਿੰਨ ਦਿਨ ਬੀਤ ਚੁੱਕੇ ਹਨ। ਬੀਤੇ ਕੁਝ ਵਰ੍ਹਿਆਂ ਵਰ੍ਹਿਆਂ ਵਿੱਚ ਮੇਰੇ ਨਾਲ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਵਾਕਿਆ ਵਾਲੇ ਦਿਨ ਨੂੰ ਸ਼ਿੱਦਤ ਨਾਲ ਉਡੀਕਿਆ ਹੋਵੇ ਅਤੇ ਉਸ ਤੋਂ ਦੋ ਦਿਨ ਬਾਅਦ ਵੀ ਸੰਚਾਰ ਅਤੇ ਸਮਾਜਕ ਮਾਧਿਅਮਾਂ ਦੀ ਉਸ ਦਿਨ ਬਾਰੇ ਹੋਰ ਜਾਣਕਾਰੀ ਲੈਣ ਲਈ ਲਗਾਤਾਰ ਛਣਾਈ ਕੀਤੀ ਹੋਵੇ।
ਕਿਸਾਨ ਸੰਘਰਸ਼ ਬੀਤੀ 26 ਜਨਵਰੀ ਨੂੰ ਇਕ ਜਵਾਰ ਭਾਟੇ ਥਾਣੀਂ ਲੰਘਿਆ ਹੈ। ਜਦ ਕਿ ਆਸ ਤਾਂ ਇਹ ਸੀ ਕਿ ਇਹ ਦਿਨ ਯਾਦਗਾਰੀ ਹੋ ਨਿਬੜੇਗਾ ਜਦੋਂ ਭਾਰਤ ਦੀ ਰਾਜਧਾਨੀ ਵਿੱਚ ਪਹਿਲੀ ਵਾਰ ਆਮ ਲੋਕਾਂ ਨੇ ਗਣਤੰਤਰ ਦਿਹਾੜੇ ਨੂੰ ਇਕ ਕਿਸਾਨ ਨਾਗਰਿਕ ਦਿਹਾੜੇ ਵਜੋਂ ਮਨਾਇਆ ਹੋਵੇਗਾ। ਇਸੇ ਆਸ ਵਿੱਚ ਖ਼ਾਸ ਕਰਕੇ ਪੰਜਾਬ ਅਤੇ ਦਿੱਲੀ ਦੇ ਹੋਰ ਗੁਆਂਢੀ ਰਾਜਾਂ ਵਿੱਚੋਂ ਲੋਕ ਹੁੰਮ ਹੁਮਾ ਕੇ ਦਿੱਲੀ ਪਹੁੰਚ ਰਹੇ ਸਨ।
26 ਜਨਵਰੀ ਨੂੰ ਟਰੈਕਟਰ ਪਰੇਡ ਦੇ ਮਿੱਥੇ ਸਮੇਂ ਤੋਂ ਪਹਿਲਾਂ ਹੀ ਪੁਲਸ ਦੇ ਨਾਲ ਝੜਪਾਂ ਅਤੇ ਨਾਕਾਬੰਦੀ ਤੋੜਨ ਦੀਆਂ ਖਬਰਾਂ ਪਹੁੰਚਣੀਆਂ ਸ਼ੁਰੂ ਹੋ ਗਈਆਂ। ਕੋਈ ਸਪਸ਼ਟ ਤਸਵੀਰ ਉਭਰ ਨਹੀਂ ਸੀ ਰਹੀ। ਪਰ ਛੇਤੀ ਹੀ ਕਿਸਾਨ ਏਕਤਾ ਮੋਰਚਾ ਆਪਣੇ ਫੇਸਬੁੱਕ ਸਫ਼ੇ ਤੇ ਲਾਈਵ ਹੋ ਗਿਆ ਅਤੇ ਉਨ੍ਹਾਂ ਦਾ ਕਾਫ਼ਲਾ ਜਿੱਧਰ ਵੀ ਜਾ ਰਿਹਾ ਸੀ, ਦਿੱਲੀ ਦੇ ਵਸਨੀਕ ਉਨ੍ਹਾਂ ਦੀਆਂ ਤਸਵੀਰਾਂ ਖਿੱਚ ਰਹੇ ਸਨ ਅਤੇ ਸਵਾਗਤ ਦੇ ਨਿਸ਼ਾਨ ਚੁੱਕੀ ਖੜ੍ਹੇ ਸਨ। ਕਈ ਥਾਵਾਂ ਤੇ ਫੁੱਲਾਂ ਦੀ ਵਰਖਾ ਵੀ ਹੋ ਰਹੀ ਸੀ। ਅਚਾਨਕ ਹੀ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਲਾਈਵ ਵੀਡੀਓ ਵਿੱਚ ਧੁੰਦਲਾਪਣ ਆਉਣਾ ਸ਼ੁਰੂ ਹੋ ਗਿਆ ਅਤੇ ਵਿਘਨ ਪੈ ਕੇ ਬੰਦ ਹੋ ਗਿਆ। ਬਾਅਦ ਵਿੱਚ ਇਹ ਪਤਾ ਲੱਗਾ ਕਿ ਦਿੱਲੀ ਵਿਚ ਉਸ ਦਿਨ ਕਈ ਥਾਵਾਂ ਤੇ ਇੰਟਰਨੈੱਟ ਠੱਪ ਕਰ ਦਿੱਤਾ ਗਿਆ ਸੀ। ਮੋਬਾਇਲ ਫੋਨਾਂ ਤੇ ਕਾਲ ਤਾਂ ਕੀਤੀ ਜਾ ਸਕਦੀ ਸੀ ਪਰ ਡਾਟਾ ਬੰਦ ਕਰ ਦਿੱਤਾ ਗਿਆ ਸੀ।
ਮੈਂ ਫੇਸਬੁੱਕ ਤੇ ਹੋਰ ਲਾਈਵ ਵੀਡੀਓ ਲੱਭਣੇ ਸ਼ੁਰੂ ਕਰ ਦਿੱਤੇ। ਇੱਕ – ਦੋ – ਚਾਰ, ਵਾਰੀ ਵਾਰੀ ਕਰਕੇ ਮੈਂ ਕਈ ਲਾਈਵ ਵੀਡੀਓ ਵੇਖੇ। ਇਹ ਸਾਰੇ ਹੀ ਲਾਲ ਕਿਲੇ ਨੂੰ ਜਾਣ ਵਾਲੇ ਰਸਤਿਆਂ ਤੋਂ ਚੱਲ ਰਹੇ ਸਨ। ਮੈਨੂੰ ਖਿਆਲ ਆਇਆ ਕਿ ਇਹ ਤਾਂ ਟਰੈਕਟਰ ਪਰੇਡ ਦਾ ਰੂਟ ਨਹੀਂ ਸੀ। ਇਹ ਖੇਡ ਕੀ ਬਣਦੀ ਪਈ ਸੀ?
ਖ਼ੈਰ, ਉਸ ਤੋਂ ਬਾਅਦ 26 ਜਨਵਰੀ ਨੂੰ ਕੀ ਹੋਇਆ ਉਹ ਤੁਹਾਨੂੰ ਸਾਰਿਆਂ ਨੂੰ ਹੀ ਪਤਾ ਹੈ ਸੋ ਗੱਲ ਅਮਲ ਅਤੇ ਅਸੂਲ ਦੀ ਕਰਦੇ ਹਾਂ। ਅਨੁਸ਼ਾਸਨ ਇੱਕ ਅਜਿਹੀ ਸ਼ੈਅ ਹੈ ਜਿਸ ਦੇ ਮਹੱਤਵ ਦੀ ਖ਼ਾਸ ਕਰਕੇ ਮਹਾਰਾਜਾ ਰਣਜੀਤ ਸਿੰਘ ਨੂੰ ਬਹੁਤ ਸੂਝ ਸੀ। ਇਸੇ ਕਰਕੇ ਉਨ੍ਹਾਂ ਨੇ ਆਪਣੀ ਫ਼ੌਜ ਦੇ ਵਿੱਚ ਕਈ ਫਰਾਂਸੀਸੀ ਜਰਨੈਲ ਇਸੇ ਵਾਸਤੇ ਰੱਖੇ ਸਨ ਕਿ ਖ਼ਾਲਸਾ ਫੌਜਾਂ ਨੂੰ ਤਰੀਕੇ ਅਤੇ ਤਰਤੀਬ ਦੇ ਨਾਲ ਚਾਂਦਮਾਰੀ ਅਤੇ ਮਸ਼ਕਾਂ ਕਰਨ ਦੀ ਸਿਖਲਾਈ ਦਿੱਤੀ ਜਾ ਸਕੇ। ਮਹਾਰਾਜਾ ਰਣਜੀਤ ਸਿੰਘ ਆਪਣੀ ਦੂਰ-ਦ੍ਰਿਸ਼ਟੀ ਕਰਕੇ ਇਹ ਭਲੀ-ਭਾਂਤ ਜਾਣਦੇ ਸਨ ਕਿ ਇਸ ਤਰ੍ਹਾਂ ਦੀ ਸਿਖਲਾਈ ਅੰਗਰੇਜ਼ਾਂ ਦਾ ਸਾਹਮਣਾ ਕਰਨ ਲਈ ਬਹੁਤ ਜ਼ਰੂਰੀ ਸੀ। ਬਾਕੀ ਉਂਝ ਵੀ ਭਾਵੇਂ ਫ਼ੌਜ ਹੋਵੇ ਤੇ ਭਾਵੇਂ ਆਮ ਜ਼ਿੰਦਗੀ ਹੋਵੇ, ਜ਼ਿੰਦਗੀ ਵਿੱਚ ਅਨੁਸ਼ਾਸਨ ਅਤੇ ਜ਼ਾਬਤੇ ਦੀ ਬਹੁਤ ਲੋੜ ਹੁੰਦੀ ਹੈ।
26 ਜਨਵਰੀ ਨੂੰ ਲਾਲ ਕਿਲੇ ਤੇ ਜੋ ਵੀ ਹੋਇਆ, ਬੀਤੇ ਤਿੰਨ ਦਿਨਾਂ ਵਿੱਚ ਬਹੁਤ ਸਾਰੇ ਲੋਕ ਇਸ ਬਾਰੇ ਕਈ ਕਿਸਮ ਦੀਆਂ ਸਫਾਈਆਂ ਪੇਸ਼ ਕਰ ਰਹੇ ਹਨ। ਇਕ ਗੱਲ ਤਾਂ ਇਹ ਚੱਲ ਰਹੀ ਹੈ ਕਿ ਭਾਜਪਾ (ਆਰ ਐੱਸ ਐੱਸ) ਆਪ ਤਾਂ ਆਪਣੀ ਪਾਰਟੀ ਦਾ ਝੰਡਾ ਉੱਪਰ ਰੱਖਦੀ ਹੈ ਅਤੇ ਉਸ ਨੂੰ ਭਾਰਤੀ ਝੰਡੇ ਨਾਲ ਕੋਈ ਸਰੋਕਾਰ ਨਹੀਂ ਹੈ। ਪਰ ਇਸ ਸੰਦਰਭ ਵਿੱਚ ਇਹ ਗੱਲ ਕੋਈ ਬਹੁਤੀ ਵਜ਼ਨਦਾਰ ਨਹੀਂ ਹੈ। ਅੰਗਰੇਜ਼ੀ ਵਿੱਚ ਕਹਾਵਤ ਹੈ: two wrongs do not make a right ਮਤਲਬ ਏ ਕਿ ਦੋ ਗ਼ਲਤੀਆਂ ਮਿਲ ਕੇ ਇੱਕ ਠੀਕ ਗੱਲ ਨਹੀਂ ਬਣਦੀਆਂ।
ਜਿੱਥੋਂ ਤਕ ਪੁਲਿਸ ਦਾ ਸਵਾਲ ਹੈ ਉਨ੍ਹਾਂ ਨੇ ਆਪ ਵੀ ਡਾਂਗਾਂ ਬਹੁਤ ਚਲਾਈਆਂ ਅਤੇ ਕਈ ਪੁਲੀਸ ਵਾਲੇ ਲਾਲ ਕਿਲ੍ਹੇ ਵਿੱਚ ਛੱਜੇ ਤੋਂ ਡਿੱਗ ਕੇ ਜ਼ਖ਼ਮੀ ਵੀ ਬਹੁਤ ਹੋਏ। ਇਹ ਵੀ ਠੀਕ ਹੈ ਕਿ ਕਈ ਥਾਂ ਕਿਸਾਨ ਪੁਲੀਸ ਵਾਲਿਆਂ ਨੂੰ ਪਾਣੀ ਵੀ ਦੇ ਰਹੇ ਸਨ ਤਾਂ ਹੋਰ ਤਰ੍ਹਾਂ ਦਾ ਬਚਾਅ ਵੀ ਕਰ ਰਹੇ ਸਨ। ਇਹ ਸਭ ਆਪਣੀ ਜਗ੍ਹਾ ਠੀਕ ਹੈ ਪਰ ਅਸੀਂ ਗੱਲ ਕਿਸਾਨ ਸੰਘਰਸ਼ ਦੇ ਸੰਦਰਭ ਵਿੱਚ ਅਮਲ ਅਤੇ ਅਸੂਲਾਂ ਦੀ ਕਰ ਰਹੇ ਹਾਂ।
ਇਕ ਗੱਲ ਇਹ ਵੀ ਕੀਤੀ ਜਾ ਰਹੀ ਹੈ ਕਿ ਲਾਲ ਕਿਲੇ ਤੇ ਝੰਡਾ ਲਾ ਦੇਣਾ ਬਹੁਤ ਵੱਡੀ ਪ੍ਰਾਪਤੀ ਸੀ। ਜੇਕਰ ਇਹ ਬਹੁਤ ਵੱਡੀ ਪ੍ਰਾਪਤੀ ਸੀ ਤਾਂ ਕਿ ਹੁਣ ਮੋਦੀ ਨੇ ਕਾਲੇ ਕਾਨੂੰਨ ਵਾਪਸ ਲੈ ਲਏ ਹਨ?
ਕਈ ਤਾਂ ਇਹ ਵੀ ਕਹਿ ਰਹੇ ਹਨ ਕਿ ਝੰਡਾ ਲਾ ਕੇ ਉਨ੍ਹਾਂ ਨੇ ਚੁਰਾਸੀ ਦੀ ਭਾਜੀ ਮੋੜ ਦਿੱਤੀ ਹੈ। ਉਨ੍ਹਾਂ ਦੀ ਨਾਸਮਝੀ ਤੇ ਹਾਸਾ ਆਉਂਦਾ ਹੈ ਕਿ ਉਨ੍ਹਾਂ ਨੇ ਕਿਸਾਨ ਸੰਘਰਸ਼ ਦੀ ਪਿੱਠ ਵਿੱਚ ਛੁਰਾ ਹੀ ਮਾਰਿਆ ਹੈ। ਨਾ ਹੀ ਉਨ੍ਹਾਂ ਨੇ ਕਦੀ ਇਤਿਹਾਸ ਪੜ੍ਹਿਆ ਹੈ ਅਤੇ ਨਾ ਹੀ ਉਨ੍ਹਾਂ ਨੂੰ ਕੁਝ ਸਾਲ ਪਹਿਲਾਂ ਦੀਆਂ ਖ਼ਬਰਾਂ ਯਾਦ ਹਨ। ਭਾਜਪਾ (ਆਰ ਐੱਸ ਐੱਸ) ਦਾ ਰਾਜ ਆਉਂਦਿਆਂ ਹੀ ਉਨ੍ਹਾਂ ਨੇ 2014 ਵਿੱਚ ਮੁਸਲਮਾਨਾਂ ਤੇ ਹਾਵੀ ਹੋਣ ਲਈ ਦਿੱਲੀ ਦੀ ਗੁਰਦੁਆਰਾ ਕਮੇਟੀ ਨੂੰ ਨਾਲ ਲੈ ਕੇ ਮੁਗ਼ਲ ਕਾਲ ਦੇ ਖ਼ਿਲਾਫ਼ ਬਿਰਤਾਂਤ ਬੰਨ੍ਹਣ ਲਈ “ਫ਼ਤਿਹ ਦਿਵਸ” ਮਨਾਇਆ ਅਤੇ ਬਾਬਾ ਬਘੇਲ ਸਿੰਘ ਨੂੰ ਯਾਦ ਕੀਤਾ।
ਤਸਵੀਰਾਂ ਹੇਠਾਂ ਵੇਖ ਲਓ ਅਤੇ ਨਿਸ਼ਾਨ ਸਾਹਿਬ ਵੀ ਵੇਖ ਲਵੋ। ਇੱਥੋਂ ਤਕ ਕਿ ਇਸ ਫ਼ਤਿਹ ਦਿਵਸ ਬਾਰੇ ਅਕਾਦਮਕ ਖੋਜ ਪੱਤਰ ਵੀ ਛਪ ਚੁੱਕਾ ਹੈ ਜੋ ਕਿ ਇਥੇ ਪੜ੍ਹਿਆ ਜਾ ਸਕਦਾ ਹੈ। ਸੋ ਇਸ ਖੋਜ ਪੱਤਰ ਰਾਹੀਂ ਦੁਨੀਆਂ ਭਰ ਦੇ ਵਿਦਵਾਨ ਫ਼ਤਿਹ ਦਿਵਸ ਬਾਰੇ ਜਾਣ ਗਏ ਹਨ। ਇਤਿਹਾਸਕਾਰਾਂ ਲਈ ਇਸ ਦੇ ਮਾਅਨੇ ਹਨ ਨਾ ਕਿ ਸਸਤੀ ਮਸ਼ਹੂਰੀ ਖੱਟਣ ਵਾਲਿਆਂ ਦੀਆਂ ਖਰੂਦੀਆਂ ਦੀ।


ਸੋ ਇਸ ਤੋਂ ਤਾਂ ਇਹੀ ਸਾਫ਼ ਜ਼ਾਹਿਰ ਹੁੰਦਾ ਹੈ ਕਿ ਬੀਤੀ 26 ਜਨਵਰੀ ਨੂੰ ਝੰਡੇ ਨੂੰ ਲੈ ਕੇ ਜੋ ਵੀ ਹੋਇਆ, ਉਹ ਸਸਤੀ ਮਸ਼ਹੂਰੀ ਖੱਟਣ ਤੋਂ ਵੱਧ ਕੁਝ ਨਹੀਂ ਸੀ ਅਤੇ ਬਾਕੀ ਜੋ ਕਿਸਾਨ ਸੰਘਰਸ਼ ਨਾਲ ਵਿਸਾਹਘਾਤ ਕੀਤਾ ਉਹ ਵੱਖਰਾ। ਸਸਤੀ ਮਸ਼ਹੂਰੀ ਖੱਟਣ ਵਾਲਿਆਂ ਨੂੰ ਇਤਿਹਾਸ ਦੇ ਉਹ ਸਫ਼ੇ ਵੀ ਪੜ੍ਹ ਲੈਣੇ ਚਾਹੀਦੇ ਹਨ ਜਦ 1982 ਦੀਆਂ ਏਸ਼ੀਅਨ ਖੇਡਾਂ ਵੇਲੇ ਹਰਿਆਣੇ ਨੇ ਪੰਜਾਬ ਤੋਂ ਦਿੱਲੀ ਲਈ ਪਰਿੰਦਾ ਵੀ ਨਹੀਂ ਸੀ ਫੜਕਣ ਦਿੱਤਾ। ਜਦ ਕਿ ਹੁਣ ਕਿਸਾਨ ਸੰਘਰਸ਼ ਪੰਜਾਬ ਤੋਂ ਦਿੱਲੀ ਪਹੁੰਚਿਆ ਹੀ ਇਸ ਕਰਕੇ ਹੈ ਕਿ ਹਰਿਆਣੇ ਦੇ ਕਿਸਾਨਾਂ ਅਤੇ ਲੋਕਾਂ ਨੇ ਇਸ ਨੂੰ ਪੂਰਾ ਪੂਰਾ ਹੁੰਗਾਰਾ ਦਿੱਤਾ ਹੈ। ਜਿਹੜੇ ਲੋਕ ਭਾਜੀ ਮੋੜਨ ਦੀਆਂ ਗੱਲਾਂ ਕਰਦੇ ਹਨ ਉਹ ਜੇਕਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਢਾਂਚਾ ਸਵਾਰ ਲੈਣ ਅਤੇ ਗੁੰਮ ਹੋਈਆਂ ਬੀੜਾਂ ਦਾ ਮਸਲਾ ਹੱਲ ਕਰ ਦੇਣ ਤਾਂ ਇਹ ਬਹੁਤ ਵੱਡੀ ਪ੍ਰਾਪਤੀ ਹੋਵੇਗੀ।
ਇੱਕ ਹੋਰ ਗੱਲ। ਜਿਹੜੇ ਇਸ ਝੰਡੇ ਨੂੰ ਨਿਸ਼ਾਨ ਸਾਹਿਬ ਕਹਿ ਕੇ ਹਰ ਕਿਸਮ ਦੀ ਪੜਚੋਲ ਆਲੋਚਨਾ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਇਹ ਦੱਸ ਸਕਦੇ ਹਨ ਕੀ ਕਦੀ ਉਨ੍ਹਾਂ ਨੇ ਨਿਸ਼ਾਨ ਸਾਹਿਬ ਨਾਲ ਕੋਈ ਦੂਜਾ ਵੀ ਝੰਡਾ ਲੱਗਾ ਦੇਖਿਆ ਹੈ? ਨਹੀਂ। ਤਾਂ ਫਿਰ ਇਸ ਮਿਲਗੋਭੇ ਦੇ ਦਮਗਜੇ ਮਾਰਨ ਦੀ ਕੀ ਲੋੜ ਹੈ?
ਸਮੁੱਚੇ ਤੌਰ ਤੇ, ਬੀਤੇ ਤਿੰਨ ਦਿਨਾਂ ਵਿੱਚ ਸਮਾਜਕ ਮਾਧਿਅਮਾਂ ਉੱਤੇ ਜਿਸ ਤਰ੍ਹਾਂ ਕਿਸਾਨ ਸੰਘਰਸ਼ ਦੀ ਪਿੱਠ ਵਿੱਚ ਛੁਰਾ ਮਾਰਨ ਵਾਲਿਆਂ ਨੂੰ ਪਛਾਣ ਕੇ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਉਸ ਤੋਂ ਆਸ ਦੀਆਂ ਕਿਰਨਾਂ ਇੱਕ ਵਾਰ ਫੇਰ ਰੋਸ਼ਨ ਹੋ ਗਈਆਂ ਹਨ। ਕਿਸਾਨ ਆਗੂਆਂ ਦੇ ਬੁਲੰਦ ਬਿਆਨ ਵੀ ਹੌਸਲਾ ਅਫ਼ਜ਼ਾਈ ਕਰਨ ਵਾਲੇ ਹਨ। ਕਿਸਾਨ ਸੰਘਰਸ਼ ਮੁੜ ਲੀਹਾਂ ਤੇ ਪੈ ਗਿਆ ਜਾਪਦਾ ਹੈ। ਬਹੁਤ ਸਾਰੇ ਲੋਕ ਸਿਰਫ 26 ਜਨਵਰੀ ਕਰਕੇ ਵੀ ਦਿੱਲੀ ਗਏ ਸਨ। ਉਹ ਵਾਪਸ ਆ ਰਹੇ ਹਨ। ਕਈ ਪਿੰਡਾਂ ਵਿੱਚ ਲੋਕਾਂ ਨੇ ਆਪਸੀ ਵਾਰੀਆਂ ਬੰਨ੍ਹੀਆਂ ਹੋਈਆਂ ਹਨ ਸੋ ਇਹ ਤਾਂ ਆਉਣਾ ਜਾਣਾ ਚੱਲਦਾ ਹੀ ਰਹੇਗਾ।
ਅਖ਼ੀਰ ਵਿੱਚ ਇੱਕ ਗੱਲ ਹੋਰ। 26 ਜਨਵਰੀ ਨੂੰ ਸ਼ਹੀਦ ਹੋਏ ਨਵਰੀਤ ਸਿੰਘ ਦੇ ਦਾਦਾ ਜੀ ਦਾ ਵੀਡੀਓ ਮੈਂ ਵੇਖਿਆ ਹੈ। ਉਨ੍ਹਾਂ ਨੇ ਕਿਸਾਨ ਸੰਘਰਸ਼ ਨੂੰ ਜਾਰੀ ਰੱਖਣ ਦੀ ਗੱਲ ਕੀਤੀ ਅਤੇ ਇਹ ਵੀ ਕਿਹਾ ਕਿ ਇਹ ਦੇਸ਼ ਦਾ “ਆਖ਼ਰੀ” ਅੰਦੋਲਨ ਹੈ। ਉਨ੍ਹਾਂ ਵੱਲੋਂ ਆਖ਼ਰੀ ਸ਼ਬਦ ਦੀ ਵਰਤੋਂ ਮੈਨੂੰ ਬਹੁਤ ਦੂਰਦਰਸ਼ੀ ਲੱਗੀ ਕਿਉਂਕਿ ਪਿਛਲੇ ਇੱਕ-ਡੇਢ ਸਾਲ ਵਿਚ ਧਾਰਾ 370 ਹਟਾਉਣਾ ਅਤੇ ਨਾਗਰਿਕ ਕਾਨੂੰਨ ਦੀ ਹੇਰ-ਫੇਰ ਤੋਂ ਬਾਅਦ ਜੇਕਰ ਇਸ ਕਿਸਾਨ ਸੰਘਰਸ਼ ਵਿੱਚ ਕਿਸਾਨ ਹਾਰ ਜਾਂਦੇ ਹਨ ਤਾਂ ਵਾਕਿਆ ਹੀ ਇਹ ਭਾਰਤ ਦਾ ਆਖ਼ਰੀ ਅੰਦੋਲਨ ਹੋਵੇਗਾ ਕਿਉਂਕਿ ਇਸ ਤੋਂ ਬਾਅਦ ਭਾਰਤ ਪੱਕੇ ਤੌਰ ਤੇ ਇਕ ਬਹੁਮਤਵਾਦੀ ਮੁਲਕ ਬਣ ਜਾਵੇਗਾ ਜਿੱਥੇ ਕਿਸਾਨ, ਮਜ਼ਦੂਰ ਅਤੇ ਘੱਟ ਗਿਣਤੀਆਂ ਪੂਰੀ ਤਰ੍ਹਾਂ ਦੱਬ-ਕੁਚਲ ਦਿੱਤੀਆਂ ਜਾਣਗੀਆਂ।