ਬੀਤੇ ਮਹੀਨੇ ਅਚਾਨਕ ਹੀ ਇਹ ਐਲਾਨ ਹੋ ਗਿਆ ਕਿ ਭਾਰਤ ਦੇ ਨਵੇਂ ਖੇਤੀ ਕਨੂੰਨ ਵਾਪਸ ਕਰ ਲਏ ਜਾਣਗੇ। ਉੱਡਦੀ-ਉੱਡਦੀ ਇਹ ਗੱਲ ਸੁਣ ਕੇ ਮੈਂ ਪਹਿਲਾਂ ਤਾਂ ਇਹ ਸੋਚਿਆ ਕਿ ਚਲੋ ਦੇਰ ਆਏ ਦਰੁਸਤ ਆਏ। ਹੋ ਸਕਦਾ ਹੈ ਕਿ ਅੱਥਰੀ ਹੋਈ ਹਾਕਮ ਧਿਰ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਹੋ ਗਿਆ ਹੋਵੇ। ਸ਼ਾਇਦ ਭਾਰਤੀ ਖੇਤੀ ਆਰਥਕਤਾ ਨੂੰ ਮਜ਼ਬੂਤ ਕਰਨ ਦੇ ਲਈ ਗੱਡੀ ਕਿਤੇ ਲੀਹ ਤੇ ਪੈ ਹੀ ਜਾਵੇ।
ਪਰ ਇਹ ਐਲਾਨ ਕਰਦੇ ਵਕਤ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਜੋ ਗੱਲਾਂ ਕਹੀਆਂ ਉਸ ਤੋਂ ਤਾਂ ਇਹ ਬਿਲਕੁਲ ਹੀ ਨਹੀਂ ਸੀ ਜਾਪਦਾ ਕਿ ਇਸ ਐਲਾਨ ਵਿੱਚ ਕੋਈ ਸੁਹਿਰਦਤਾ ਸੀ, ਕਿਉਂਕਿ ਮੋਦੀ ਨੇ ਸਾਰਾ ਜ਼ੋਰ ਇਸ ਗੱਲ ਦੇ ਉੱਤੇ ਲਾਇਆ ਕਿ ਕਨੂੰਨ ਤਾਂ ਵਧੀਆ ਸਨ ਪਰ ਉਸ ਦੀ ਸਰਕਾਰ ਕਿਸਾਨਾਂ ਨੂੰ ਚੰਗੀ ਤਰ੍ਹਾਂ ਸਮਝਾ ਨਹੀਂ ਸਕੀ। ਕਹਿਣ ਦਾ ਭਾਵ ਇਹ ਕਿ ਇਹ ਵੀ ਗ਼ਲਤੀ ਕਿਸਾਨਾਂ ਦੀ ਕਿ ਉਨ੍ਹਾਂ ਨੂੰ ਭਾਰਤ ਦੇ ਨਵੇਂ ਖੇਤੀ ਕਨੂੰਨ ਸਮਝ ਨਹੀਂ ਆਏ। ਪਰ ਜੇ ਕਰ ਇਹ ਸਾਰੀ ਗੱਲ ਸਮਝ ਦੀ ਸੀ ਤਾਂ ਜਿਨ੍ਹਾਂ ਭਾਰਤੀ ਰਾਜਾਂ ਵਿੱਚ ਭਾਜਪਾ ਦਾ ਰਾਜ ਹੈ, ਉਥੇ ਨਵੇਂ ਕਨੂੰਨਾਂ ਮੁਤਾਬਕ ਨਿਜ਼ਾਮ ਚਲਾ ਕੇ ਵਖਾ ਦਿੰਦੇ। ਪੂਰੇ ਸਾਲ ਤੋਂ ਵੀ ਵੱਧ ਵਕ਼ਤ ਸੀ ਭਾਜਪਾ ਕੋਲ ਇਹ ਸਾਬਤ ਕਰਨ ਦੇ ਲਈ।
ਪਰ ਸੱਚਾਈ ਤਾਂ ਇਹ ਹੈ ਕਿ ਇਨ੍ਹਾਂ ਕਨੂੰਨਾਂ ਦੇ ਵਾਪਸ ਲਏ ਜਾਣ ਦੇ ਬਾਵਜੂਦ ਆਮ ਖੇਤੀ ਸੰਕਟ ਜਿਵੇਂ ਦਾ ਤਿਵੇਂ ਕਾਇਮ ਹੈ ਅਤੇ ਉਸ ਸੰਕਟ ਲਈ ਭਾਰਤ ਦੀ ਲੰਮੀ ਦੂਰੀ ਦੀ ਸੋਚ ਕੀ ਹੈ ਇਸਦੇ ਬਾਰੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੇ ਕੋਈ ਗੱਲ ਤੱਕ ਨਹੀਂ ਕੀਤੀ। ਪੰਜਾਬ ਕੀ ਤੇ ਮਹਾਰਾਸ਼ਟਰ ਕੀ – ਖ਼ੁਦ ਕੁਸ਼ੀਆਂ ਕਰਦੇ ਕਿਸਾਨ ਅੱਜ ਵੀ ਖ਼ਬਰਾਂ ਦੀਆਂ ਸੁਰਖੀਆਂ ਬਣ ਰਹੇ ਹਨ।
ਇਸ ਦੇ ਉਲਟ ਦੂਜੇ ਪਾਸੇ ਭਾਜਪਾ ਦੇ ਛੋਟੇ-ਵੱਡੇ ਨੇਤਾ ਆਮ ਸਮਾਜਕ ਮਾਧਿਅਮਾਂ ਦੇ ਉੱਤੇ (ਟਵਿੱਟਰ ਫੇਸਬੁੱਕ ਆਦਿ) ਇਹੀ ਰੌਲਾ ਪਾਉਣ ਲੱਗ ਪਏ ਕਿ ਇਹ ਤਾਂ ਅਸਥਾਈ ਫੈਸਲਾ ਹੈ – ਇਹ ਭਾਜਪਾ ਦੀ ਕੋਈ ਹਾਰ ਨਹੀਂ ਹੈ। ਖੇਤੀ ਕਨੂੰਨਾਂ ਦਾ ਕੀ ਹੈ? ਇਹ ਤਾਂ ਜਦ ਮਰਜ਼ੀ ਦੁਬਾਰਾ ਲੈ ਆਉ ਵਾਪਸ ਲੈ ਆਓ।
ਇਸ ਐਲਾਨ ਵਿੱਚ ਕੋਈ ਸੁਹਿਰਦਤਾ ਤਾਂ ਜਾਪੀ ਹੀ ਨਹੀਂ, ਜਿਵੇਂ ਕਿ ਉਪਰ ਲਿਖਿਆ ਹੈ। ਫਿਰ ਕਈ ਭਾਰਤੀ ਅਖ਼ਬਾਰਾਂ ਨੇ ਬੜੀ ਦੱਬੀ ਸੁਰ ਵਿੱਚ ਇਸ ਗੱਲ ਦਾ ਵੀ ਇਸ਼ਾਰਾ ਕਰਨਾ ਸ਼ੁਰੂ ਕਰ ਦਿੱਤਾ ਕਿ ਯੂ ਪੀ ਅਤੇ ਪੰਜਾਬ ਦੀਆਂ ਚੋਣਾਂ ਲਾਗੇ ਆਉਂਦੀਆਂ ਹੋਣ ਕਰਕੇ ਭਾਜਪਾ ਨੂੰ ਇਹ ਅੱਕ ਚੱਬਣਾ ਹੀ ਪਿਆ।

ਇਹ ਤਾਂ ਸਾਰੇ ਜਾਣਦੇ ਹਨ ਕਿ ਸੰਨ 2017 ਤੋਂ ਬਾਅਦ ਭਾਜਪਾ ਨੇ ਕਿਸੇ ਵੀ ਚੋਣ ਵਿੱਚ ਕੋਈ ਵੱਡੀ ਜਿੱਤ ਹਾਸਲ ਨਹੀਂ ਕੀਤੀ ਹੈ। ਜੇਕਰ ਹੁਣ ਭਾਜਪਾ ਉੱਤਰ ਪ੍ਰਦੇਸ਼ ਵੀ ਖੁਹਾਅ ਬੈਠਦੀ ਹੈ ਤਾਂ ਭਗਤ ਲੋਕ ਜੋ ਹਰ ਵੇਲ਼ੇ ਇਹੀ ਰਟਦੇ ਰਹਿੰਦੇ ਹਨ ਕਿ ਭਾਜਪਾ ਤਾਂ ਸਦਾ ਚਿਰ ਰਾਜ ਕਰੇਗੀ, ਉਨ੍ਹਾਂ ਦਾ ਸ਼ੇਖ ਚਿੱਲੀ ਵਾਲ਼ਾ ਘੜਾ ਟੁੱਟਦਿਆਂ ਦੇਰ ਨਹੀਂ ਲੱਗਣੀ। ਸੋ ਜ਼ਾਹਿਰ ਹੈ ਕਿ ਇਸ ਐਲਾਨ ਪਿੱਛੇ ਚੋਣਾਂ ਦੀ ਸੋਚ ਅਸਲੋਂ ਭਾਰੂ ਹੈ।
ਕਈਆਂ ਨੂੰ ਇਸ ਗੱਲ ਦੀ ਵੀ ਗ਼ਲਤਫ਼ਹਿਮੀ ਹੋ ਗਈ ਕਿ ਸ਼ਾਇਦ ਇਸ ਐਲਾਨ ਦੇ ਨਾਲ ਖੇਤੀ ਸੰਕਟ ਮੁੱਕ ਗਿਆ ਹੈ ਅਤੇ ਕਿਸਾਨ ਸੰਘਰਸ਼ ਵੀ ਆਪਣੇ ਆਪ ਖ਼ਤਮ ਹੋ ਗਿਆ ਹੈ। ਉਹ ਇਹ ਸੋਚ ਰਹੇ ਹਨ ਕਿ ਭਾਜਪਾ ਦਾ ਇਹ ਕੋਈ ਅਹਿਸਾਨ ਹੋ ਗਿਆ ਹੈ ਜਿਸ ਨਾਲ ਲੋਕ ਕੀਲੇ ਜਾਣਗੇ। ਇਹੀ ਸਭ ਕੁਝ ਵਿਚਾਰ ਕੇ ਉਹ ਧੜਾ-ਧੜ ਖ਼ਾਸ ਕਰ ਪੰਜਾਬ ਭਾਜਪਾ ਦੇ ਵਿੱਚ ਸ਼ਾਮਲ ਹੋ ਰਹੇ ਹਨ ਤਾਂ ਕਿ ਉਹ ਆਪਣੇ ਰਾਜਨੀਤਕ ਭਵਿੱਖ ਵਿੱਚ ਚੋਖਾ ਵਾਧਾ ਕਰ ਸਕਣ।
ਇਹ ਵੀ ਉਨ੍ਹਾਂ ਦੀ ਇੱਕ ਗ਼ਲਤੀ ਹੈ। ਲਗਪਗ ਇਕ ਸਾਲ ਤਕ ਦਿੱਲੀ ਦੀਆਂ ਸਰਹੱਦਾਂ ਦੇ ਉੱਤੇ ਬੈਠ ਕੇ ਇੱਕ ਚੀਜ਼ ਜੋ ਹੋਈ ਹੈ ਉਹ ਇਹ ਹੈ ਕਿ ਪੰਜਾਬ ਦੇ ਵਿੱਚ ਆਮ ਗੱਲਬਾਤ ਅਤੇ ਵਿਚਾਰ ਕਰਨ ਦੀ ਕਾਰਜ-ਵਿਧੀ ਵਿੱਚ ਵਾਧਾ ਹੀ ਹੋਇਆ ਹੈ। ਪੰਜਾਬ ਤੋਂ ਚੱਲ ਕੇ ਦਿੱਲੀ ਦੀ ਸਰਹੱਦ ਤੇ ਬੈਠੇ ਇਸ ਕਿਸਾਨ ਸੰਘਰਸ਼ ਦੇ ਵਿਚ ਸ਼ਾਮਲ ਅਤੇ ਉਨ੍ਹਾਂ ਨਾਲ ਜੁੜੇ ਹੋਰਨਾਂ ਰਾਜਾਂ ਦੇ ਕਿਸਾਨਾਂ ਨੇ ਬੜੀ ਸੂਖ਼ਮਤਾ ਦੇ ਨਾਲ ਸੰਘਰਸ਼ ਦੇ ਨਾਲ-ਨਾਲ ਬਿਰਤਾਂਤ ਨੂੰ ਤੋਰੀ ਰੱਖਿਆ ਹੈ। ਕਾਰਜ-ਵਿਧੀ ਦਾ ਇਹੀ ਵਾਧਾ ਆਉਣ ਵਾਲੇ ਸਮੇਂ ਵਿੱਚ ਕਿਸੇ ਵੀ ਰਾਜਨੀਤਕ ਧਿਰ ਨੂੰ ਬੜੀ ਬਰੀਕੀ ਦੇ ਨਾਲ ਛਾਣੇਗਾ।
ਯੂ ਪੀ ਅਤੇ ਪੰਜਾਬ ਦੀਆਂ ਚੋਣਾਂ ਤੇ ਹੁਣ ਅੱਖਾਂ ਗੱਡੀਆਂ ਪਈਆਂ ਹਨ।