ਛੇਤੀ ਹੀ ਪੰਜਾਬ ਦੇ ਵਿੱਚ ਵਿਧਾਨ ਸਭਾ ਦੇ ਲਈ ਚੋਣਾਂ ਹੋਣ ਜਾ ਰਹੀਆਂ ਹਨ।
ਇਸ ਵਾਰ ਜਿਹੜਾ ਸਭ ਤੋਂ ਹੈਰਾਨੀਜਨਕ ਰੁਝਾਨ ਸਾਹਮਣੇ ਆ ਰਿਹਾ ਹੈ ਉਹ ਹੈ ਉਮੀਦਵਾਰਾਂ ਵਿਚੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਨਾ। ਇਹ ਬੜਾ ਦਿਲਚਸਪ ਪਹਿਲੂ ਹੈ ਕਿਉਂਕਿ ਪੰਜਾਬ ਵਿੱਚ ਰਾਜਨੀਤਿਕ ਪ੍ਰਣਾਲੀ ਬਰਤਾਨਵੀ ਚਲਦੀ ਹੈ ਜਦਕਿ ਮੁੱਖ ਮੰਤਰੀ ਦਾ ਚਿਹਰਾ ਪੇਸ਼ ਕਰਨ ਦੀ ਰੀਤ ਚਲਾਉਣ ਦਾ ਮਤਲਬ ਹੈ ਕਿ ਅਮਰੀਕੀ ਰਾਸ਼ਟਰਪਤੀ ਪ੍ਰਣਾਲੀ ਚਲਾਉਣੀ।
ਅਜੋਕੇ ਪੰਜਾਬ ਦੀਆਂ ਧਾਰਮਕ ਸਫ਼ਾਂ ਵਿੱਚ ਪ੍ਰਧਾਨਪੁਣੇ ਦਾ ਜ਼ੋਰ ਹੋ ਜਾਣ ਕਰਕੇ ਵੀ ਇਹ ਜਿੰਨ ਤਾਂ ਕਿਸੇ ਨਾ ਕਿਸੇ ਤਰੀਕੇ ਨਾਲ ਪਰਗਟ ਹੋਣਾ ਹੀ ਸੀ। ਪਰ ਚਲੋ ਜੇਕਰ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨਾ ਵੀ ਹੈ ਤਾਂ ਉਹ ਕਿਸੇ ਵੀ ਪਾਰਟੀ ਦੇ ਮੈਂਬਰਾਂ ਦੇ ਆਪਣੇ ਅੰਦਰੂਨੀ ਵੋਟ ਦੇ ਆਧਾਰ ਤੇ ਉੱਤੇ ਹੋਣਾ ਚਾਹੀਦਾ ਹੈ। ਪਰ ਇਹ ਸਭ ਕੁਝ ਤਾਂ ਪੰਜਾਬ ਵਿੱਚ ਹੁੰਦਾ ਹੀ ਨਹੀਂ। ਪਾਰਟੀ ਮੈਂਬਰਾਂ ਨੂੰ ਕੌਣ ਪੁੱਛਦਾ ਹੈ? ਬਾਕੀ ਜਦੋਂ ਕਿਸੇ ਇਕੱਠ ਵਿੱਚ ਮਤੇ ਪੈਂਦੇ ਵੀ ਹਨ ਤਾਂ ਲੋਕੀਂ ਬਿਨਾ ਸੋਚੇ-ਸਮਝੇ ਦੋਵੇਂ ਬਾਂਹਾਂ ਖੜ੍ਹੀਆਂ ਕਰ ਦਿੰਦੇ ਹਨ। ਪੰਜਾਬ ਵਿੱਚ ਪਾਰਟੀਆਂ ਦੀ ਮੈਂਬਰੀ ਵਿਚਾਰਧਾਰਾ ਜਾਂ ਨੈਤਿਕਤਾ ਤੇ ਅਧਾਰਤ ਨਹੀਂ ਹੁੰਦੀ।
ਇਸ ਵਾਰ ਸੰਯੁਕਤ ਸਮਾਜ ਮੋਰਚਾ ਦੇ ਚੋਣਾਂ ਦੇ ਮੈਦਾਨ ਵਿੱਚ ਆ ਜਾਣ ਨਾਲ ਜਿੱਥੇ ਵੋਟਾਂ ਟੁੱਟਣ ਦਾ ਖ਼ਦਸ਼ਾ ਹੈ ਉਸਦੇ ਨਾਲ ਸਿਆਸੀ ਜੋੜ-ਤੋੜ ਬਾਰੇ ਵੀ ਕਿਆਫ਼ੇ ਲੱਗਣੇ ਸ਼ੁਰੂ ਹੋ ਗਏ ਹਨ। ਕੁਝ ਹਫ਼ਤੇ ਪਹਿਲਾਂ ਨਾਮਜ਼ਦਗੀਆਂ ਨੂੰ ਲੈ ਕੇ ਆਪੋ-ਧਾਪੀ ਪਈ ਹੋਈ ਸੀ ਅਤੇ ਨਰਾਜ਼ ਹੋਏ ਉਮੀਦਵਾਰ ਬਿਨਾ ਕਿਸੇ ਵਿਚਾਰਧਾਰਾ ਦੀ ਸੋਝੀ ਦੇ, ਇਧਰ ਉਧਰ ਭਟਕ ਰਹੇ ਸਨ।
ਪੰਜਾਬ ਦੇ ਗੰਭੀਰ ਮੁੱਦਿਆਂ ਬਾਰੇ ਕੋਈ ਵੀ ਰਾਜਨੀਤਕ ਪਾਰਟੀ ਗੱਲ ਨਹੀਂ ਕਰ ਰਹੀ। ਨਾ ਪਾਣੀਆਂ-ਦਰਿਆਵਾਂ ਬਾਰੇ, ਨਾ ਪੰਜਾਬੀ ਭਾਸ਼ਾ ਬਾਰੇ, ਨਾ ਖੇਤੀ ਆਰਥਿਕਤਾ ਬਾਰੇ ਅਤੇ ਨਾ ਹੀ ਰੁਜ਼ਗਾਰ ਬਾਰੇ। ਇਕ ਵੱਡਾ ਐਲਾਨ ਜ਼ਰੂਰ ਸੁਣਨ ਨੂੰ ਮਿਲਿਆ ਕਿ ਦਫ਼ਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਨਹੀਂ ਲੱਗੇਗੀ। ਕੀ ਇਹ ਕੋਈ ਮੁੱਦਾ ਹੈ?
ਨਿੱਜੀ ਤੌਰ ਤੇ ਅਜਿਹੀ ਆਪੋ-ਧਾਪੀ ਦੀ ਰਾਜਨੀਤੀ ਨੂੰ ਮੈਂ ਬਹੁਤੀ ਗੰਭੀਰਤਾ ਨਾਲ ਨਹੀਂ ਵੇਖਦਾ ਪਰ ਪੰਜਾਬ ਦੀਆਂ ਚੋਣਾਂ ਦੇ ਅੰਕੜਿਆਂ ਵਿੱਚ ਮੈਂ ਜ਼ਰੂਰ ਦਿਲਚਸਪੀ ਰੱਖਦਾ ਹਾਂ।
ਹੇਠਾਂ ਮੈਂ ਅੰਕੜੇ ਇਕੱਠੇ ਕਰਕੇ ਇਕ ਖ਼ਾਕਾ ਪਾ ਦਿੱਤਾ ਹੈ ਜਿਸ ਦੇ ਵਿਚ ਸੰਨ 2007 ਤੋਂ ਲੈ ਕੇ ਪਿਛਲੀਆਂ ਚੋਣਾਂ ਤੱਕ ਦੀਆਂ ਵੋਟਾਂ ਦਾ ਫ਼ੀ ਸਦੀ ਅਤੇ ਸੀਟਾਂ ਦੀ ਗਿਣਤੀ ਸ਼ਾਮਲ ਹੈ। 2022 ਦੀ ਜਗ੍ਹਾ ਮੈਂ ਖਾਲੀ ਛੱਡੀ ਹੈ ਜਿਸ ਨੂੰ ਤੁਸੀਂ ਆਪੋ ਆਪਣੇ ਤਰੀਕੇ ਨਾਲ ਭਰੋ ਅਤੇ ਇਸ ਦੀ ਪੜਚੋਲ ਕਰੋ।

ਜੇ ਕਰ ਪੰਜਾਬ ਵਿੱਚ ਚੋਣਾਂ ਮੁੱਦਿਆਂ ਤੇ ਲੜੀਆਂ ਜਾ ਰਹੀਆਂ ਹੁੰਦੀਆਂ ਤਾਂ ਮੈਂ 2022 ਦੀਆਂ ਸੀਟਾਂ ਬਾਰੇ ਆਪਣਾ ਅੰਦਾਜ਼ਾ ਇਥੇ ਜ਼ਰੂਰ ਸਾਂਝਾ ਕਰਦਾ। ਪਰ ਚਿਹਰਿਆਂ ਦੀ ਅਤੇ ਆਪੋ-ਧਾਪੀ ਦੀ ਰਾਜਨੀਤੀ ਮਾਯੂਸ ਹੀ ਕਰਦੀ ਹੈ।
Well said