ਪੰਜਾਬ ਦੀਆਂ 2022 ਚੋਣਾਂ ਨੇ ਇਕ ਵਾਰ ਤਾਂ ਸਾਰਿਆਂ ਨੂੰ ਬਹੁਤ ਹੀ ਹੈਰਾਨ ਕਰ ਦਿੱਤਾ ਹੈ। ਕੇਜਰੀਵਾਲ ਵੀ ਬਹੁਮਤ ਮੰਗਦਾ-ਮੰਗਦਾ 80 ਕੁ ਸੀਟਾਂ ਲਈ ਹੀ ਆਸਵੰਦ ਸੀ। ਪਰ ਅੱਕੇ ਤੇ ਥੱਕੇ ਪੰਜਾਬੀਆਂ ਨੇ ਹੰਕਾਰੀ ਅਤੇ ਆਕੜ ਖਾਂ ਰਵਾਇਤੀ ਨੇਤਾਵਾਂ ਦੀ ਮੰਜੀ ਠੋਕਦਿਆਂ 92 ਸੀਟਾਂ ਆਮ ਆਦਮੀ ਪਾਰਟੀ ਦੀ ਝੋਲੀ ਵਿੱਚ ਪਾ ਦਿੱਤੀਆਂ ਹਨ।
ਇਸ ਤਰ੍ਹਾਂ ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋਇਆ ਹੈ। ਚੋਣਾਂ ਤੋਂ ਪਹਿਲਾਂ ਇਹੀ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਬਹੁ ਕੋਨੀ ਮੁਕਾਬਲੇ ਹੋਣ ਕਰਕੇ ਵੋਟਾਂ ਵੰਡੀਆਂ ਜਾਣਗੀਆਂ ਤੇ ਘੜਮੱਸ ਜਿਹੀ ਪਈ ਰਹੇਗੀ। ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਹਾਸਲ ਹੋਇਆ ਹੈ। ਸਾਧ-ਡੇਰੇ ਵੀ ਇਸ ਵਾਰ ਠੁਸ ਹੋ ਕੇ ਰਹਿ ਗਏ। ਇਹ ਬਹੁਮਤ ਏਨਾ ਵੱਡਾ ਹੈ ਕਿ ਆਮ ਆਦਮੀ ਪਾਰਟੀ ਲਈ ਕਨੂੰਨ ਬਦਲਣੇ ਵੀ ਬਹੁਤ ਸੌਖੇ ਹੋ ਗਏ ਹਨ। ਇਹ ਤਾਂ ਵਕਤ ਹੀ ਦੱਸੇਗਾ ਕਿ ਕਨੂੰਨ ਪੰਜਾਬ ਦੇ ਭਲੇ ਲਈ ਬਨਣਗੇ ਕਿ ਲੱਕੜਾਂ ਪਾੜਨ ਲਈ।
ਆਮ ਆਦਮੀ ਪਾਰਟੀ ਨੂੰ ਇਕ ਪਾਰਟੀ ਵੱਜੋਂ ਦੋ ਨਜ਼ਰੀਆਂਵਾਂ ਨਾਲ ਵੇਖਿਆ ਜਾ ਸਕਦਾ। ਪਹਿਲਾਂ ਤਾਂ ਇਹ ਕਿ ਭਾਰਤੀ ਪੱਧਰ ਤੇ ਇਸ ਪਾਰਟੀ ਨੇ ਕਿਹੜਾ ਰੁਖ਼ ਅਖ਼ਤਿਆਰ ਕੀਤਾ ਹੋਇਆ ਹੈ? ਭਾਰਤੀ ਪੱਧਰ ਤੇ ਆਮ ਆਦਮੀ ਪਾਰਟੀ ਦਾ ਰੁਖ਼ ਰਾਸ਼ਟਰਵਾਦੀ ਹੈ ਅਤੇ ਉਸ ਤਰੀਕੇ ਨਾਲ ਇਹ ਭਾਰਤੀ ਜਨਤਾ ਪਾਰਟੀ ਨਾਲੋਂ ਕਿਸੇ ਤਰੀਕੇ ਨਾਲ ਵੀ ਅਲੱਗ ਨਹੀਂ ਹੈ। ਗੁੱਝੀ ਸਮਰੂਪਤਾ ਅਤੇ ਸਮਾਨਤਾ ਹੈ।
ਦੂਜਾ, ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸੂਬਾ ਪੱਧਰ ਤੇ ਵੇਖਣ ਦੀ ਲੋੜ ਹੈ। ਅੱਜ ਤਕ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਇਤਿਹਾਸਕ ਮੁੱਦਿਆਂ ਦੇ ਉੱਤੇ ਕਦੀ ਵੀ ਗੱਲ ਨਹੀਂ ਕੀਤੀ। ਜੇ ਕੋਈ ਗੱਲ ਹੋਈ ਵੀ ਹੈ ਤਾਂ ਉਹ ਨਿਜ਼ਾਮ-ਤੰਤਰ ਚਲਾਉਣ ਵਾਲੀ ਗੱਲ ਹੋਈ ਹੈ। ਇਸ ਦੇ ਤਹਿਤ ਸਕੂਲਾਂ ਅਤੇ ਹਸਪਤਾਲਾਂ ਦੇ ਵਿੱਚ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਦੀ ਗੱਲ ਹੈ। ਸਕੂਲਾਂ ਅਤੇ ਹਸਪਤਾਲਾਂ ਦਾ ਨਿਜ਼ਾਮ-ਤੰਤਰ ਠੀਕ ਕਰਨਾ ਗੱਲ ਤਾਂ ਬਹੁਤ ਵਧੀਆ ਹੈ ਪਰ ਇਹ ਤਾਂ ਫਰਜ਼ ਮੰਸਬੀ ਹੈ – ਮਤਲਬ ਇਹ ਤਾਂ ਜ਼ਿੰਮੇਵਾਰੀ ਹੈ ਹੀ। ਇਹਦੇ ਵਿਚ ਕੋਈ ਮੁੱਦੇ ਵਾਲੀ ਗੱਲ ਨਹੀਂ ਹੈ ਤੇ ਨਾ ਹੀ ਇਹ ਕੋਈ ਅਹਿਸਾਨ ਹੈ।

ਮੁੱਦਿਆਂ ਦੀ ਗੱਲ ਕਰਨ ਤੋਂ ਪਹਿਲਾਂ ਆਓ ਵੇਖਦੇ ਹਾਂ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿੱਚ ਕਿਹੜੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਵੇਗਾ। ਉਹਦੇ ‘ਚੋਂ ਮੁੱਦਿਆਂ ਦਾ ਇਸ਼ਾਰਾ ਆਪੇ ਨਿਕਲ ਆਏਗਾ। ਆਮ ਆਦਮੀ ਪਾਰਟੀ ਵੱਲੋਂ ਕੀਤੇ ਵਾਅਦਿਆਂ ਦੇ ਵਿੱਚ ਮੁਫ਼ਤ ਭਲਾਈ ਸਕੀਮਾਂ ਹਨ। ਫ਼ੈਸਲੇ ਦਿੱਲੀ ਮਾਡਲ ਤੇ ਹੀ ਹੋਣੇ ਹਨ। ਪਾਰਦਰਸ਼ੀ ਤੇ ਈਮਾਨਦਾਰ ਰਾਜ ਚੰਗੀ ਗੱਲ ਹੈ ਪਰ ਜਿਵੇਂ ਕਿ ਉੱਪਰ ਲਿਖਿਆ ਹੈ ਇਹ ਤਾਂ ਫਰਜ਼ ਮੰਸਬੀ ਹੈ। ਇਹ ਤਾਂ ਹਨ ਕੀਤੇ ਵਾਅਦੇ ਪਰ ਆਮ ਆਦਮੀ ਪਾਰਟੀ ਦੇ ਵਾਅਦੇ ਕਿਹੜੇ ਖੇਤਰਾਂ ਵਿੱਚੋਂ ਗਾਇਬ ਹਨ? ਪੰਜਾਬ ਦੇ ਪਾਣੀਆਂ, ਰਾਜਾਂ ਨੂੰ ਵੱਧ ਹੱਕ-ਅਧਿਕਾਰ ਦੇਣੇ, ਪੰਜਾਬ ਦੀ ਆਰਥਿਕਤਾ, ਖੇਤੀ ਅਤੇ ਸਨਅਤੀ ਸੁਧਾਰਾਂ ਅਤੇ ਇਨ੍ਹਾਂ ਨੂੰ ਰੋਜ਼ਗਾਰ ਮੁਖੀ ਬਣਾਉਣ ਬਾਰੇ ਜੇਕਰ ਆਮ ਆਦਮੀ ਪਾਰਟੀ ਨੇ ਕਦੀ ਗੱਲ ਕੀਤੀ ਹੋਵੇ ਤਾਂ ਉਸ ਦੇ ਬਾਰੇ ਹੇਠਾਂ ਜ਼ਰੂਰ ਟਿੱਪਣੀ ਕਰ ਦੇਣਾ।
ਆਮ ਆਦਮੀ ਪਾਰਟੀ ਦਾ 92 ਸੀਟਾਂ ਦੇ ਉੱਤੇ ਚੋਣਾਂ ਜਿੱਤਣ ਦੇ ਮਾਅਰਕੇ ਨੂੰ ਇੱਕ ਹੋਰ ਨਜ਼ਰੀਏ ਨਾਲ ਵੀ ਵੇਖਣ ਦੀ ਲੋੜ ਹੈ। ਇਸ ਦੇ ਵਿੱਚ ਜੋ ਸਭ ਤੋਂ ਚੰਗੀ ਗੱਲ ਹੋਈ ਹੈ ਉਹ ਇਹ ਹੈ ਕਿ ਵਾਕਿਆ ਹੀ ਅੱਜ ਪੰਜਾਬ ਦੀ ਵਿਧਾਨ ਸਭਾ ਵਿੱਚ ਆਮ ਆਦਮੀ ਪਹੁੰਚ ਗਏ ਹਨ। ਜੇਕਰ ਨਹੀਂ ਪਹੁੰਚੇ ਹਨ ਤਾਂ ਬੁਰੀ ਤਰ੍ਹਾਂ ਹਾਰ ਕੇ ਪੰਜਾਬ ਦੇ ਪੁਰਾਣੇ ਵੱਡੇ ਨੇਤਾ ਇਸ ਵਾਰ ਵਿਧਾਨ ਸਭਾ ਵੀ ਨਹੀਂ ਪਹੁੰਚ ਸਕੇ ਪਰ ਹਾਂ ਉਹ ਕਈ ਤਰ੍ਹਾਂ ਦੀਆਂ ਪੈਨਸ਼ਨਾਂ ਅਤੇ ਹੋਰ ਸਹੂਲਤਾਂ ਦਾ ਆਨੰਦ ਫਿਰ ਵੀ ਲੈਂਦੇ ਰਹਿਣਗੇ।
ਜਿਵੇਂ ਉੱਪਰ ਗੱਲ ਕੀਤੀ ਹੈ ਕਿ ਆਮ ਆਦਮੀ ਪਾਰਟੀ ਦੀ ਰਾਸ਼ਟਰਵਾਦੀ ਨੀਤੀ ਅਤੇ ਪੰਜਾਬ ਦਾ ਅਰਸੇ ਤੋਂ ਹੀ ਰਾਜਾਂ ਨੂੰ ਵੱਧ ਹੱਕ-ਅਧਿਕਾਰ ਦੇਣ ਦੀ ਮੰਗ ਦਾ ਕਿਹੋ ਜਿਹਾ ਸੰਗਮ ਹੁੰਦਾ ਹੈ, ਇਹ ਵੇਖਣ ਯੋਗ ਹੋਵੇਗਾ। ਇਹ ਵੀ ਵੇਖਣਾ ਦਿਲਚਸਪ ਰਹੇਗਾ ਕਿ ਆਮ ਆਦਮੀ ਪਾਰਟੀ ਦਾ ਰਿਮੋਟ ਦਿੱਲੀ ਹੀ ਰਹਿੰਦਾ ਹੈ ਕਿ ਜਾਂ ਫਿਰ ਪੰਜਾਬ ਦੇ ਆਮ ਆਦਮੀਆਂ (ਅਤੇ ਜ਼ਨਾਨੀਆਂ) ਹੱਥ ਜੋ ਕਿ ਚੋਣਾਂ ਜਿੱਤ ਕੇ ਪੰਜਾਬ ਵਿਧਾਨ ਸਭਾ ਵਿੱਚ ਪਹੁੰਚੇ ਹਨ। ਕੀ ਉਹ ਵੀ ਵਿਧਾਨ ਸਭਾ ਦੀਆਂ ਬਹਿਸਾਂ ਵਿੱਚ ਖੁੱਲ ਕੇ ਨਿੱਤਰਨਗੇ ਕਿ ਜਾਂ ਫਿਰ ਉਨ੍ਹਾਂ ਦਾ ਕੰਮ ਸਿਰਫ਼ ਤਾੜੀਆਂ ਮਾਰਨ ਤੱਕ ਹੀ ਰਹਿ ਜਾਏਗਾ?
ਹਾਂ, ਇੱਕ ਗੱਲ ਜ਼ਰੂਰ ਹੈ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਵਿੱਚ ਪਹਿਲੀ ਵਾਰ ਰਾਜ ਮਿਲਿਆ ਹੈ ਤੇ ਰਾਜ ਕਰਨ ਲਈ ਉਨ੍ਹਾਂ ਦੇ ਕੋਲ ਪੰਜ ਸਾਲ ਹਨ। ਐਮ.ਐਲ.ਏ ਟੁੱਟਣ ਦਾ ਵੀ ਕੋਈ ਚੱਕਰ ਨਹੀਂ ਹੈ ਕਿਉਂਕਿ ਏਨਾ ਸਪੱਸ਼ਟ ਬਹੁਮਤ ਹੈ ਕਿ ਕਿਤੇ ਕੋਈ ਹੋਰ ਜੋੜ-ਤੋੜ ਹੋ ਨਹੀਂ ਸਕਦਾ। ਸੋ ਪੰਜ ਸਾਲ ਰਾਜ ਤਾਂ ਨਿਰਵਿਘਨ ਚੱਲਣਾ ਤੈਅ ਹੀ ਹੈ ਜੇ ਕਰ ਕਿਤੇ ਐਮ.ਐਲ.ਏ ਪਿਛਲੀ ਵਾਰ ਵਾਂਙ ਫੇਰ ਦੁਫਾੜ ਨਾ ਹੋਏ। ਇਨ੍ਹਾਂ ਪੰਜ ਸਾਲਾਂ ਵਿੱਚ ਹੁਣ ਵੇਖਣਾ ਇਹ ਵੀ ਹੈ ਕਿ ਕੀ ਵਾਕਿਆ ਹੀ ਆਮ ਆਦਮੀ ਪਾਰਟੀ ਸਿੱਖਿਆ ਅਤੇ ਸਿਹਤ ਦੇ ਫ਼ਰਜ਼ ਮੰਸਬੀ ਤੋਂ ਉੱਪਰ ਉੱਠ ਕੇ ਪੰਜਾਬ ਦੇ ਮੁੱਦਿਆਂ ਬਾਰੇ ਵੀ ਗੱਲ ਕਰੇਗੀ ਕਿ ਰਾਸ਼ਟਰਵਾਦ ਦੀ ਬੰਸਰੀ ਹੀ ਵਜਾਉਂਦੀ ਰਹੇਗੀ?
ਪੱਛਮੀ ਮੁਲਕਾਂ ਵਿੱਚ ਆਮ ਤੌਰ ਤੇ ਜਦੋਂ ਰਾਜ ਬਦਲੀ ਹੁੰਦਾ ਹੈ ਤਾਂ ਨਵੀਂ ਸਰਕਾਰ ਤੋਂ ਇਹੀ ਆਸ ਰੱਖੀ ਜਾਂਦੀ ਹੈ ਕਿ ਉਨ੍ਹਾਂ ਨੇ ਜੋ ਵੀ ਕਰਨਾ ਹੈ ਉਹ ਰਾਜ ਦੇ ਪਹਿਲੇ 100 ਦਿਨਾਂ ਵਿੱਚ ਹੀ ਸਪੱਸ਼ਟ ਹੋ ਜਾਣਾ ਹੈ। ਇਨ੍ਹਾਂ 100 ਦਿਨਾਂ ਨੇ ਹੀ ਦੱਸ ਦੇਣਾ ਹੈ ਕਿ ਅਗਲੇ ਪੰਜ ਸਾਲਾਂ ਵਿੱਚ ਕੀ ਹੋਣਾ ਹੈ? ਸੋ ਆਸ ਹੈ ਕਿ 1 ਜੁਲਾਈ 2022 ਤਕ ਇਹ ਗੱਲ ਸਪੱਸ਼ਟ ਹੋ ਜਾਏਗੀ ਕਿ ਆਮ ਆਦਮੀ ਪਾਰਟੀ ਦੇ ਪੰਜ ਸਾਲ ਤਾੜੀਆਂ ਮਾਰਦੇ ਹੋਏ ਝੂੰਗੇ ਵਿੱਚ ਹੀ ਲੰਘਣਗੇ ਕਿ ਜਾਂ ਫਿਰ ਰਾਜਾਂ ਨੂੰ ਵੱਧ ਹੱਕ-ਅਧਿਕਾਰ, ਪਾਣੀਆਂ ਦੇ ਹੱਕ ਅਤੇ ਆਰਥਿਕਤਾ ਦੇ ਨਾਲ ਜੁੜੇ ਖੇਤੀ ਅਤੇ ਉਦਯੋਗਿਕ ਮੁੱਦਿਆਂ ਨੂੰ ਲੈ ਕੇ ਪੰਜਾਬ ਦੀ ਭਲਾਈ ਦੇ ਲਈ ਕੁਝ ਹੋਵੇਗਾ ਵੀ ਕਿ ਨਹੀਂ?
ਭਲੇ ਦੀ ਆਸ ਜ਼ਰੂਰ ਕਰਨੀ ਚਾਹੀਦੀ ਹੈ। ਕਹਾਵਤ ਹੈ – ਜੀਵੇ ਆਸਾ ਮਰੇ ਨਿਰਾਸਾ। ਸੌ ਕੁ ਦਿਨਾਂ ਦੀ ਹੀ ਗੱਲ ਹੈ ਸਭ ਪਤਾ ਲੱਗ ਜਾਵੇਗਾ।
ਮੇਰਾ ਨਹੀਂ ਖਿਆਲ ਕਿ ਇਹ ਲੇਖ ਵਿੱਚ ਦਿੱਤੇ ਹੋਏ ਪੰਜਾਬ ਦੇ ਅਸਲੀ ਮੁੱਦਿਆਂ ਤੇ ਗੱਲ ਕਰਨਗੇ । ਆਮ ਆਦਮੀ ਪਾਰਟੀ ਵਿੱਚ ਜ਼ਿਆਦਾ ਹੀ ਆਮ ਆਦਮੀ ਹੋਣ ਕਰਕੇ ਮੈਨੂੰ ਲੱਗਦਾ ਹੈ ਕਿ ਅਸਲ ਮੁੱਦਿਆਂ ਤੇ ਉਨ੍ਹਾਂ ਨੂੰ ਬੋਲਣ ਹੀ ਨਹੀਂ ਦਿੱਤਾ ਜਾਵੇਗਾ । ਇਹ ਨਾ ਹੋਵੇ ਕਿ ਆਮ ਆਦਮੀ ਪਾਰਟੀ ਦੇ ਨਵੇਂ ਬਣੇ ਆਮ ਐਮਐਲਏ ਪੰਜ ਸਾਲ ਬੱਚਿਆਂ ਵਾਂਗ ਰੋਲਰ ਕੋਸਟਰ ਰਾਈਡ ਹੀ ਇੰਜੁਆਏ ਕਰਦੇ ਰਹਿਣ । ਬਹੁਤੇ ਆਮ ਆਦਮੀ ਰੱਖਣ ਦਾ ਵੱਡੇ ਆਗੂਆਂ ਨੂੰ ਅਸਲ ਵਿਚ ਫਾਇਦਾ ਹੀ ਹੈ । ਉਂਝ ਮੈਨੂੰ ਇੱਕ ਪੰਜਾਬੀ ਮੁਹਾਵਰਾ ਯਾਦ ਆ ਰਿਹਾ ਹੈ ਕੇਜਰੀਵਾਲ ਹੋਣਾ ਦਾ ਤੇ ਚੌਲਾਂ ਨਾਲ ਹੀ ਸਰ ਗਿਆ । Wait for 100days
ਇੱਕ ਗੱਲ ਤਾਂ ਹੈ ਕਿ ਇਹ ਪੜ੍ਹਿਆਂ ਲਿਖਿਆ ਦਾ ਜਿਮਾਵੜਾ ਹੈ ਤੇ ਆਸ ਕਰਦੇ ਹਾਂ ਕਿ ਇੱਕ ਦੂਜੇ ਨੂੰ ਸਮਝ ਕੇ ਇਕੱਠੇ ਹੀ ਇੱਕ ਸੁਰ `ਚ ਫ਼ੈਸਲੇ ਲੈਣਗੇ। ਸਾਰਿਆਂ ਦਾ ਇੱਕ ਹੀ ਟੀਚਾ ਹੈ ਕਿ ਕਿਵੇਂ ਪੰਜਾਬ ਨੂੰ ਸਹੀ ਲੀਹ ਤੇ ਲੈ ਕੇ ਜਾਣਾ ਹੈ। ਜਿਹਨਾਂ ਨੂੰ ੧੦੦ ਦਿਨਾਂ ਵਿੱਚ ਚੰਨੀ ਤੋਂ ਵੱਧ ਕੰਮ ਕਰਕੇ ਦਿਖਾਉਣਾ ਪੈਣਾ ਹੈ। ਕੇਜ਼ਰੀਵਾਲ ਨੂੰ ਵੀ ਬੜੇ ਸਯਮ ਨਾਲ਼ ਪੰਜਾਬੀਆਂ ਦੀ ਮਾਨਸਿਕਤਾ ਨੂੰ ਸਮਝਦੇ ਹੋਏ ਫ਼ੈਸਲੇ ਲੈਣ ਦੀ ਲੋੜ ਹੈ। ਸ਼ੁਭਮ।
Good ha g