ਦੁਨੀਆਂ ਭਰ ਵਿੱਚ ਇਸ ਵੇਲ਼ੇ ਮਾਂ-ਬੋਲੀ ਦਿਹਾੜਾ ਮਣਾਇਆ ਜਾ ਰਿਹਾ ਹੈ। ਸਮਾਜਿਕ ਮਾਧਿਅਮ ਉਪਰ ਸੁਨੇਹੇ ਸਾਂਝੇ ਕੀਤੇ ਜਾ ਰਹੇ ਅਤੇ ਬਹਿਸਾਂ ਛਿੜੀਆਂ ਹੋਈਆਂ ਹਨ। ਪਰ ਇਸ ਸਭ ਦੇ ਚੱਲਦੇ ਇਸ ਗੱਲ ਧਿਆਨ ਵਿੱਚ ਰੱਖਣੀ ਬਹੁਤ ਜ਼ਰੂਰੀ ਹੈ ਕਿ, ਜਦ ਵੀ ਕੋਈ ਵਿਚਾਰ ਚਰਚਾ ਚੱਲਦੀ ਹੈ ਤਾਂ ਭਾਵੁਕਤਾ ਅਤੇ ਸ਼ਰਧਾ ਗੱਲ ਤੋਰਦੀ ਹੈ ਅਤੇ ਤੱਥ-ਅਸਲੀ ਹਾਲਾਤ ਉਸ ਨੂੰ ਅੱਗੇ ਲੈ ਕੇ ਤੁਰਦੇ ਹਨ। ਕਿਸੇ ਵੀ ਹਾਲਤ ਵਿੱਚ ਸ਼ਰਧਾ ਅਸਲੀਅਤ ਉੱਤੇ ਭਾਰੂ ਨਹੀਂ ਹੋਣੀ ਚਾਹੀਦੀ, ਨਹੀਂ ਤਾਂ ਗੱਲ ਵਿੱਚੇ ਰਹਿ ਜਾਂਦੀ ਹੈ।
ਮਿਸਾਲ ਦੇ ਤੌਰ ਤੇ ਸੰਨ ੨੦੦੦ ਲਾਗੇ ਨਿਊਜ਼ੀਲੈਂਡ ਵਿੱਚ ਸਬੱਬੀਂ ਮੌਕਾ ਇਹ ਬਣਿਆ ਕਿ ਇਕ ਪ੍ਰਾਇਮਰੀ ਸਕੂਲ ਵਿੱਚ ਤਕਰੀਬਨ ਇਕ ਤਿਹਾਈ ਬੱਚੇ ਪੰਜਾਬੀ ਪਿਛੋਕੜ ਤੋਂ ਸਨ। ਉਸ ਸਕੂਲ ਵਿੱਚ ਇਕ ਅਧਿਆਪਕਾ ਵੀ ਪੰਜਾਬੀ ਪਿਛੋਕੜ ਦੀ ਸੀ। ਨਾ ਕਿਸੇ ਨੇ ਕੋਈ ਮੰਗ ਰੱਖੀ ਤੇ ਨਾ ਹੀ ਕਿਸੇ ਨੇ ਧਰਨੇ ਲਾਏ। ਪ੍ਰਬੰਧਕਾਂ ਨੇ ਆਂਕੜੇ ਵੇਖ ਕੇ ਆਪੇ ਹੀ ਪੰਜਾਬੀ ਮਾਪਿਆਂ ਨੂੰ ਸੁਲਾਹ ਮਾਰ ਦਿੱਤੀ ਕਿ ਬੱਚਿਆਂ ਲਈ ਸਕੂਲ ਵਿੱਚ ਪੰਜਾਬੀ ਪੜਾਉਣ ਦਾ ਕੋਈ ਬੰਦੋਬਸਤ ਕਰਨਾ ਹੈ ਤਾਂ ਕਰ ਲਵੋ। ਪਾਠਕ੍ਰਮ ਦਾ ਸਾਰਾ ਖਰਚਾ ਸਕੂਲ ਚੁੱਕੇਗਾ।

ਇਸ ਗੱਲ ਉੱਤੇ ਭਾਵੁਕਤਾ ਅਤੇ ਸ਼ਰਧਾ ਨਾਲ ਖੁਸ਼ੀ ਤਾਂ ਬਹੁਤ ਮਨਾ ਲਈ ਗਈ ਪਰ ਗੱਲ ਕਿਸੇ ਸਿਰੇ ਨਾ ਚੜ੍ਹ ਸਕੀ ਕਿਉਂਕਿ ਪੰਜਾਬੀ ਪੜਾਉਣ ਲਈ ਕੌਮਾਂਤਰੀ ਪੱਧਰ ਦਾ ਕੋਈ ਪਾਠਕ੍ਰਮ ਹੀ ਨਹੀਂ ਸੀ। ਨਾ ਕੋਈ ਕੌਮਾਂਤਰੀ ਪੱਧਰ ਦੀ ਪੰਜਾਬੀ ਵਿਆਕਰਨ। ਧੰਨਵਾਦ ਹੈ ਪ੍ਰੋ: ਮੰਗਤ ਭਾਰਦ੍ਵਾਜ ਦਾ ਜਿੰਨ੍ਹਾਂ ਨੇ ਹੁਣ ਕੌਮਾਂਤਰੀ ਪੱਧਰ ਦੀ ਪੰਜਾਬੀ ਵਿਆਕਰਣ ਅਤੇ ਪੰਜਾਬੀ ਸਿੱਖਣ ਲਈ ਕਿਤਾਬਾਂ ਦੇ ਦਿੱਤੀਆਂ ਹਨ।
ਦੁਨੀਆਂ ਵਿੱਚ ਭਾਰਤ ਤੋਂ ਬਾਹਰ ਸਿਰਫ਼ ਵਲੈਤ ਵਿੱਚ ਹੀ ਹਾਈ ਸਕੂਲ ਪੱਧਰ ਦਾ ਪੰਜਾਬੀ ਪਾਠਕ੍ਰਮ ਦਾ ਪ੍ਰਬੰਧ ਹੈ। ਪਰ ਇਹ ਵੀ ਦਿਨ-ਬ-ਦਿਨ ਖੁਰਦਾ ਜਾ ਰਿਹਾ ਹੈ। ਵਿਦਿਆਰਥੀਆਂ ਦੀ ਘਟਦੀ ਗਿਣਤੀ ਵੇਖ ਕੇ ਇਕ ਵਾਰ ਤਾਂ ਇਸ ਨੂੰ ਬੰਦ ਕਰਨ ਦਾ ਫੈਸਲਾ ਲੈ ਲਿਆ ਗਿਆ ਸੀ। ਇਸ ਵੇਲ਼ੇ ਇਹ ਸ਼ਰਧਾ ਦੇ ਟੀਕੇ ਦੀ ਬਦੌਲਤ ਔਖੇ-ਔਖੇ ਸਾਹ ਭਰ ਰਿਹਾ ਹੈ। ਵੇਖੋ ਕਿ ਇਹ ਮੁੜ-ਸੁਰਜੀਤ ਹੁੰਦਾ ਹੈ ਕਿ ਨਹੀਂ।
ਮਾਂ-ਬੋਲੀ ਦੇ ਲਈ ਹੋਰ ਵੀ ਕਈ ਕਿਸਮ ਦੀਆਂ ਪਹਿਲ ਕਦਮੀਆਂ ਕੀਤੀਆਂ ਜਾਂਦੀਆਂ ਹਨ। ਨਿਊਜ਼ੀਲੈਂਡ ਸਰਕਾਰ ਪਰਵਾਸੀ ਭਾਈਚਾਰਿਆਂ ਦੇ ਵਿਦਿਆਰਥੀਆਂ ਨੂੰ ਮਾਂ-ਬੋਲੀ ਦਾ ਹਾਈ ਸਕੂਲ ਪੱਧਰ ਦਾ ਇਮਤਿਹਾਨ ਪਾਸ ਕਰਨ ਲਈ ਵਜ਼ੀਫ਼ਾ ਵੀ ਦਿੰਦੀ ਹੈ। ਪਰਵਾਸੀਆਂ ਦੀ ਗਿਣਤੀ ਵਿੱਚ ਵੱਡਾ ਨੰਬਰ ਪੰਜਾਬੀਆਂ ਦਾ ਹੈ ਪਰ ਇਹ ਵਜ਼ੀਫ਼ਾ ਲੈਣ ਵਾਲਿਆਂ ਦੀ ਕਤਾਰ ਵਿੱਚ ਇਕ ਵੀ ਪੰਜਾਬੀ ਨਹੀਂ ਹੁੰਦਾ।
ਮਾਂ-ਬੋਲੀ ਨੂੰ ਬਣਦਾ ਸਨਮਾਨ ਦਵਾਉਣ ਲਈ ਬਹੁਤ ਸਾਰੇ ਮਤੇ ਲਾਗੂ ਕਰਵਾਉਣੇ ਜ਼ਰੂਰੀ ਹਨ। ਪਰ ਲਾਗੂ ਹੋਏ ਮਤਿਆਂ ਨੂੰ ਅਮਲੀ ਜਾਮਾ ਪੁਆਉਣ ਲਈ ਢਾਂਚੇ ਖੜ੍ਹੇ ਕਰਨਾ ਅਤੇ ਲੋੜ ਬਰਕਰਾਰ ਰੱਖਣੀ ਵੀ ਬਹੁਤ ਜ਼ਰੂਰੀ ਹੈ। ਆਓ ਸਭ ਰਲ਼ ਕੇ ਢਾਂਚੇ ਵੀ ਖੜ੍ਹੇ ਕਰਦੇ ਰਹੀਏ ਅਤੇ ਪੰਜਾਬੀ ਮਾਂ-ਬੋਲੀ ਦੀ ਲੋੜ ਵੀ ਬਰਕਰਾਰ ਰੱਖੀਏ!