ਹਾਲੀਆ ਦਿੱਲੀ ਚੋਣਾਂ ਦੇ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਆਪਣਾ ਰਾਜ-ਪਾਟ ਕਾਇਮ ਰੱਖਣ ਦੇ ਵਿੱਚ ਕਾਮਯਾਬ ਰਹੀ ਹੈ। ਉਂਞ ਤਾਂ ਭਾਵੇਂ ਮੈਂ ਇਨ੍ਹਾਂ ਚੋਣਾਂ ਦੇ ਬਾਰੇ ਕੋਈ ਬਲਾਗ ਨਾ ਹੀ ਲਿਖਦਾ ਪਰ ਕਿਉਂਕਿ ਦਿੱਲੀ ਤੋਂ ਬਾਹਰ ਆਮ ਆਦਮੀ ਪਾਰਟੀ ਦੀ ਇਸ ਜਿੱਤ ਦੀ ਖੁਸ਼ੀ ਸਭ ਤੋਂ ਜ਼ਿਆਦਾ ਪੰਜਾਬ ਵਿੱਚ ਮਣਾਈ ਗਈ ਹੈ ਇਸ ਲਈ ਮੈਂ ਇਸ ਦੇ ਬਾਰੇ ਥੋੜ੍ਹੀ ਜਿਹੀ ਗੱਲ ਜ਼ਰੂਰ ਕਰਨੀ ਚਾਹਵਾਂਗਾ।
ਕੀ ਦਿੱਲੀ ਵਾਲਾ ਅਰਵਿੰਦ ਕੇਜਰੀਵਾਲ ਦਾ ਮਾਡਲ ਪੰਜਾਬ ਵਿੱਚ ਚੱਲ ਸਕਦਾ ਹੈ ਜਿੱਥੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਵਿਰੋਧੀ ਧਿਰ ਹੈ? ਇਸ ਦੇ ਬਾਰੇ ਗੱਲਬਾਤ ਅੱਗੇ ਜਾਰੀ ਰੱਖਣ ਤੋਂ ਪਹਿਲਾਂ ਸਾਨੂੰ ਇਹ ਜ਼ਰੂਰ ਸਮਝ ਲੈਣਾ ਚਾਹੀਦਾ ਹੈ ਕਿ ਦਿੱਲੀ ਦੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਅਤੇ ਦਿੱਲੀ ਦੇ ਸਥਾਨਕ ਨਗਰ ਨਿਗਮ ਦੀਆਂ ਚੋਣਾਂ ਵਿੱਚ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਦਿੱਲੀ ਵਿੱਚ ਹੀ ਬੁਰੀ ਤਰ੍ਹਾਂ ਹਰਾਇਆ ਸੀ। ਪਰ ਕੁਝ ਲੋਕ ਇਹ ਵੀ ਕਹਿ ਰਹੇ ਹਨ ਕਿ ਇਹ ਤਾਂ ਅਰਵਿੰਦ ਕੇਜਰੀਵਾਲ ਦੇ ਵਿਕਾਸ ਦੇ ਮੁੱਦੇ ਦੀ ਜਿੱਤ ਹੈ ਕਿਉਂਕਿ ਦਿੱਲੀ ਵਿੱਚ ਵਿੱਦਿਆ ਅਤੇ ਸਿਹਤ ਦੇ ਲਈ ਬਹੁਤ ਪੈਸਾ ਖ਼ਰਚਿਆ ਗਿਆ ਹੈ ਅਤੇ ਵਿਕਾਸ ਦੇ ਲਈ ਕਈ ਕੰਮ ਕੀਤੇ ਹਨ।
ਇੱਥੇ ਸਾਨੂੰ ਇਹ ਜ਼ਰੂਰ ਧਿਆਨ ਵਿੱਚ ਰੱਖਣਾ ਪਵੇਗਾ ਕਿ ਵਿਕਾਸ ਦਾ ਨਾਅਰਾ ਤਾਂ ਨਰਿੰਦਰ ਮੋਦੀ ਵੀ ਦੇ ਰਿਹਾ ਹੈ ਅਤੇ ਮੋਦੀ ਇਹ ਦਾਅਵਾ ਵੀ ਕਰਦਾ ਹੈ ਕਿ ਬਹੁਤ ਵਿਕਾਸ ਹੋਇਆ ਹੈ। ਕੀ ਚੋਣਾਂ ਸਿਰਫ਼ ਵਿਕਾਸ ਦੇ ਨਾਂ ਤੇ ਹੀ ਲੜੀਆਂ ਜਾਂਦੀਆਂ ਹਨ?
ਨਾਗਰਿਕਤਾ ਬਾਰੇ ਜਿਹੜੇ ਨਵੇਂ ਕਾਨੂੰਨ ਭਾਰਤੀ ਜਨਤਾ ਪਾਰਟੀ ਲਿਆਈ ਹੈ ਉਨ੍ਹਾਂ ਦੇ ਚੱਲਦੇ ਦਿੱਲੀ ਦੀਆਂ ਯੂਨੀਵਰਸਿਟੀਆਂ ਵਿੱਚ ਬਹੁਤ ਮੁਜ਼ਾਹਰੇ ਹੋਏ ਹਨ ਤੇ ਸ਼ਾਹੀਨ ਬਾਗ ਦੇ ਵਿੱਚ ਹਾਲੇ ਵੀ ਮੁਜ਼ਾਹਰਾ ਚੱਲ ਰਿਹਾ ਹੈ। ਪਰ ਇਸ ਸਭ ਕਾਸੇ ਬਾਰੇ ਆਮ ਆਦਮੀ ਪਾਰਟੀ ਚੁੱਪ ਚਾਪ ਬੈਠੀ ਰਹੀ। ਜੇਕਰ ਕਿਸੇ ਨੇ ਸਵਾਲ ਵੀ ਪੁੱਛਿਆ ਤਾਂ ਆਮ ਆਦਮੀ ਪਾਰਟੀ ਨੇ ਜ਼ਿੰਮੇਦਾਰੀ ਦਾ ਸਾਰਾ ਗਲਾਵਾਂ ਕੇਂਦਰ ਸਰਕਾਰ ਤੇ ਗਲ਼ ਪਾ ਦਿੱਤਾ ਜਿਸ ਤੋਂ ਇਹੀ ਜ਼ਾਹਿਰ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦਾ ਰਵੱਈਆ ‘ਦੜ ਵੱਟ ਗੁਜ਼ਾਰਾ ਕਰ ਭਲੇ ਦਿਨ ਆਉਣਗੇ’ ਵਾਲੇ ਵਰਗਾ ਲੱਗਦਾ ਹੈ ਜਾਂ ਫਿਰ ਇਸ ਦੇ ਪਿੱਛੇ ਕੋਈ ਗੁੱਝੀ ਸਾਜ਼ਿਸ਼ ਹੈ ਕਿ ਹੱਕ-ਸੱਚ ਦੀ ਆਵਾਜ਼ ਨੂੰ ਵਿਕਾਸ ਦਾ ਹੋਕਾ ਦੇ ਕੇ ਦਰੜ ਦਿਓ।
ਇਹੋ ਜਿਹਾ ਰਵੱਈਆ ਕੀ ਪੰਜਾਬ ਦੇ ਵਿੱਚ ਵੀ ਚੱਲ ਸਕਦਾ ਹੈ ਜਿੱਥੇ ਪਿਛਲੀ ਵਾਰ ਦੀਆਂ ਵਿਧਾਨ ਸਭਾ ਚੋਣਾਂ ਵੇਲੇ ਆਮ ਆਦਮੀ ਪਾਰਟੀ ਦੀ ਇਸ ਗੱਲ ਤੋਂ ਬੜੀ ਆਲੋਚਨਾ ਹੋਈ ਸੀ ਕਿ ਉਨ੍ਹਾਂ ਨੇ ਪੰਜਾਬ ਦੇ ਕਿਸੇ ਵੀ ਰਾਜਸੀ ਮੁੱਦੇ ਤੇ ਕੋਈ ਗੱਲ ਨਹੀਂ ਕੀਤੀ ਅਤੇ ਸਾਰੀ ਚੋਣ ਸਿਰਫ਼ ਅਤੇ ਸਿਰਫ਼ ਰਿਸ਼ਵਤਖੋਰੀ ਦੇ ਖਿਲਾਫ ਨਾਅਰਾ ਲਾ ਕੇ ਹੀ ਲੜੀ ਸੀ। ਆਮ ਆਦਮੀ ਪਾਰਟੀ ਨੇ ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਬਾਰੇ ਕੋਈ ਨੀਤੀ ਪੱਤਰ ਨਹੀਂ ਸੀ ਦਿੱਤਾ। ਪੰਜਾਬ ਵਿੱਚ ਹੋਈਆਂ ਪੁਲਿਸ ਵਧੀਕੀਆਂ ਦੀ ਪੜਤਾਲ ਕਰਵਾਉਣ ਬਾਰੇ ਕੋਈ ਜ਼ਿਕਰ ਤੱਕ ਨਹੀਂ। ਪੰਜਾਬ ਦੇ ਪਾਣੀਆਂ ਦੀ ਕੋਈ ਸੁਧ-ਬੁਧ ਨਹੀਂ। ਪੰਜਾਬ ਵਿੱਚ ਡਿਗਦੇ ਵਿਦਿਅਕ ਮਿਆਰ ਨੂੰ ਠੱਲ੍ਹ ਪਾਉਣ ਬਾਰੇ ਕੋਈ ਐਲਾਨ ਨਾਮਾ ਨਹੀਂ। ਰੁਲਦੀ ਫਿਰਦੀ ਮਾਂ ਬੋਲੀ ਪੰਜਾਬੀ ਨੂੰ ਬਣਦਾ ਇੱਜ਼ਤ ਮਾਨ ਦੇਣ ਦਾ ਕੋਈ ਇਕਰਾਰ ਨਹੀਂ।
ਜਦ ਕਿ ਹੁਣ ਆਮ ਆਦਮੀ ਪਾਰਟੀ ਪੰਜਾਬ ਦੀ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਹੈ, ਕੀ ਇਸ ਨੇ ਹੁਣ ਤੱਕ ਉੱਪਰ ਲਿਖੇ ਕਿਸੇ ਵੀ ਪੰਜਾਬ ਦੇ ਮੁੱਦੇ ਉੱਤੇ ਗੰਭੀਰਤਾ ਅਤੇ ਸੁਹਿਰਦਤਾ ਦੇ ਨਾਲ ਪੰਜਾਬ ਦੀ ਵਿਧਾਨ ਸਭਾ ਵਿੱਚ ਕੋਈ ਵਿਚਾਰ ਕੀਤਾ ਹੈ? ਹੋ ਸਕਦਾ ਹੈ ਕਿ ਇਸ ਬਾਰੇ ਮੇਰੀ ਯਾਦਦਾਸ਼ਤ ਬਹੁਤ ਕਮਜ਼ੋਰ ਹੋਵੇ ਜਾਂ ਫਿਰ ਇੰਟਰਨੈੱਟ ਤੋਂ ਕੁਝ ਲੱਭਣ ਵਿੱਚ ਮੇਰੀ ਵਿੱਚ ਹੀ ਕੋਈ ਘਾਟ ਰਹਿ ਗਈ ਹੋਵੇ। ਇਸ ਕਰਕੇ ਜੇਕਰ ਤੁਹਾਨੂੰ ਇਹ ਪਤਾ ਹੋਵੇ ਕਿ ਪੰਜਾਬ ਦੇ ਮੁੱਦਿਆਂ ਉੱਤੇ ਆਮ ਆਦਮੀ ਪਾਰਟੀ ਨੇ ਕੋਈ ਕਦਮ ਪੁੱਟਣ ਦੀ ਕੋਸ਼ਿਸ਼ ਕੀਤੀ ਹੈ ਤਾਂ ਇਸ ਬਾਰੇ ਹੇਠਾਂ ਟਿੱਪਣੀ ਜਾਂ ਜਾਣਕਾਰੀ ਜ਼ਰੂਰ ਸਾਂਝੀ ਕਰ ਦਿਓ।